
ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਵਾਲੀ ਮੁਫਤ ਕਿਤਾਬਾਂ ਦੀ ਸਪਲਾਈ ਸਕੀਮ ਲਈ 25 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ: ਡਾ. ਬਲਜੀਤ ਕੌਰ
- Punjab News
- June 14, 2023
- No Comment
- 13
ਚੰਡੀਗੜ੍ਹ:
ਪੰਜਾਬ ਸਰਕਾਰ ਸੂਬੇ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਵਿੱਤੀ ਸਾਲ 2023-24 ਤਹਿਤ ਪੰਜਾਬ ਸਰਕਾਰ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪਹਿਲੀ ਤੋਂ 10ਵੀਂ ਜਮਾਤ ਤੱਕ ਪੜ੍ਹਦੇ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਦੇਣ ਦੀ ਸਕੀਮ ਤਹਿਤ 25 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਇਸ ਰਕਮ ਨੂੰ ਇਕਮੁਸ਼ਤ ਖਰਚ ਕਰਨ ਦੀ ਇਜਾਜ਼ਤ ਅਤੇ ਤਿਮਾਹੀ ਪਾਬੰਦੀ ਤੋਂ ਛੋਟ ਵੀ ਦਿੱਤੀ ਗਈ ਹੈ।
ਡਾ: ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਵਿੱਦਿਅਕ ਸਰੋਤਾਂ ਤੱਕ ਪਹੁੰਚ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਵਿਦਿਆਰਥੀਆਂ ਦੇ ਸਸ਼ਕਤੀਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਨਾਲ ਸਬੰਧਤ ਸਕੀਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਲਾਗੂ ਕੀਤਾ ਜਾਵੇ।



